ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਹਿਲਵਾਨ ਲਗਾਤਾਰ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦੇ ਰਹੇ ਹਨ। ਇਸ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਲ-ਨਾਲ ਅਦਾਕਾਰ ਸੋਨੂੰ ਸੂਦ ਨੇ ਪਹਿਲਵਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ। ਜਿਸ ਤੋਂ ਬਾਅਦ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਜੰਤਰ-ਮੰਤਰ ‘ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਜਿੰਨਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਜ਼ਿਕਰਯੋਗ ਹੈ ਕਿ ਮਹਿਲਾ ਪਹਿਲਵਾਨਾਂ ਵਲੋਂ ਬ੍ਰਜਭੂਸ਼ਣ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿਚ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ 2 FIR ਦਰਜ ਕੀਤੀਆਂ ਹਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਕਨਾਟ ਪਲੇਸ ਥਾਣੇ ਵਿਚ 2 FIR ਦਰਜ ਕੀਤੀਆਂ ਗਈਆਂ ਹਨ। ਅਧਿਕਾਰੀ ਮੁਤਾਬਕ ਪਹਿਲੀ FIR ਇਕ ਨਾਬਾਲਗ ਵਲੋਂ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੈ, ਜਿਸ ਤਹਿਤ ਯੌਨ ਸ਼ੋਸ਼ਣ ਤੋਂ ਬਾਲ ਸੁਰੱਖਿਆ (ਪੋਕਸੋ) ਐਕਟ ਅਤੇ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਬ੍ਰਜਭੂਸ਼ਣ ਸਿੰਘ ‘ਤੇ ਜਿਨਸੀ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਾਉਣ ਵਾਲੇ ਪਹਿਲਵਾਨਾਂ ਨੇ 23 ਅਪ੍ਰੈਲ ਤੋਂ ਇਕ ਵਾਰ ਫਿਰ ਆਪਣਾ ਅੰਦੋਲਨ ਸ਼ੁਰੂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਨਵਰੀ ‘ਚ ਵੀ ਧਰਨਾ ਦਿੱਤਾ ਸੀ।