ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੀ.ਐਮ. ਮਾਨ ਵਲੋਂ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹੈ। ਇਸ ਦਰਮਿਆਨ ਇਕ ਹੋਰ ਨਵੀਂ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚ ਰਹੇ ਹਨ। ਉਹ ਇੱਥੇ ਦਿੜ੍ਹਬਾ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਮਾਨ ਵਲੋਂ ਅੱਜ ਚੀਮਾ ਮੰਡੀ ਵਿਖੇ ਵੀ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਰਭੈ ਸਿੰਘ ਮਾਨ ਕਿਹਾ ਕਿ ਆਪ ਸਰਕਾਰ ਨੇ ਦੋ ਵਾਅਦੇ ਕੀਤੇ ਸਨ, ਜੋ ਕਿ ਪੂਰੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦਫ਼ਤਰ ਦੇ ਕੋਲ ਬਣੇ ਬੱਸ ਸਟੈਂਡ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਹਿਸੀਲ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਉਸ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਪਹੁੰਚ ਰਹੇ ਹਨ। ਨਿਰਭੈ ਸਿੰਘ ਮਾਨ ਅਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਵਚਨਬੱਧ ਰਹਿਣਗੇ।
ਇਸ ਬਾਰੇ ਬੋਲਦਿਆਂ ਦਿੜ੍ਹਬਾ ਦੇ ਐੱਸ. ਡੀ.ਐੱਮ. ਰਾਜੇਸ਼ ਕੁਮਾਰ ਸ਼ਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਇੰਤਜ਼ਾਮ ਮੁਕੰਮਲ ਹਨ ਅਤੇ ਮੁੱਖ ਮੰਤਰੀ ਦਿੜ੍ਹਬਾ ਦੇ ਪੰਡਾਲ ਅੰਦਰ 11 ਵਜੇ ਦੇ ਕਰੀਬ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਟ੍ਰੈਫਿਕ ਅਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।