ਅਗਲੇ ਸਾਲ ਯਾਨੀ 2024 ‘ਚ ਹੋਣ ਵਾਲੀਆਂ ਲੋਕ ਸਭਾ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਹਰਿਆਣਾ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਨੇ 25 ਜਨਵਰੀ ਨੂੰ ਆਪਣੀ ਪੂਰੀ ਸੂਬਾ ਇਕਾਈ ਨੂੰ ਭੰਗ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਮੁੜ ਹਰਿਆਣਾ ਇਕਾਈ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਅਨੁਰਾਗ ਢਾਂਡਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਲਬੀਰ ਸਿੰਘ ਸੈਣੀ, ਬੰਤਾ ਸਿੰਘ ਵਾਲਮੀਕੀ ਅਤੇ ਚਿੱਤਰਾ ਸਰਵਰਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਬਾਗੀ ਅਸ਼ੋਕ ਤੰਵਰ ਨੂੰ ਹਰਿਆਣਾ ਲਈ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
‘ਆਪ’ ਦੇ ਰਾਸ਼ਟਰੀ ਸੰਗਠਨ ਸਕੱਤਰ ਸੰਦੀਪ ਪਾਠਕ ਵਲੋਂ ਜਾਰੀ ਬਿਆਨ ਮੁਤਾਬਕ ਪਿਛਲੇ ਸਾਲ ਅਪ੍ਰੈਲ ਵਿਚ ਤ੍ਰਿਣਮੂਲ ਕਾਂਗਰਸ ਨਾਲ ਸੰਖੇਪ ਜੁੜਾਅ ਮਗਰੋਂ ‘ਆਪ’ ‘ਚ ਸ਼ਾਮਲ ਹੋਣ ਵਾਲੇ ਹਰਿਆਣਾ ਦੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੂੰ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪੱਤਰਕਾਰ ਤੋਂ ਨੇਤਾ ਬਣੇ ਅਨੁਰਾਗ ਢਾਂਡਾ ਨੂੰ ਸੀਨੀਅਰ ਪ੍ਰਦੇਸ਼ ਉਪ ਪ੍ਰਧਾਨ ਅਤੇ ਬਲਬੀਰ ਸਿੰਘ ਸੈਨੀ ਨੂੰ ਪ੍ਰਦੇਸ਼ ਪ੍ਰਧਾਨ ਬਣਾਇਆ ਗਿਆ ਹੈ। ਹਰਿਆਣਾ ਦੇ ਸਾਬਕਾ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਨੇਤਾ ਸੈਨੀ ਪਿਛਲੇ ਸਾਲ ਮਾਰਚ ‘ਚ ‘ਆਪ’ ਸ਼ਾਮਲ ਹੋਏ ਸਨ।
ਚੌਧਰੀ ਨਿਰਮਲ ਸਿੰਘ ਨੂੰ ‘ਆਪ’ ਦਾ ਕੌਮੀ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ‘ਆਪ’ ਦੀ ਹਰਿਆਣਾ ਇਕਾਈ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ, ਜਦੋਂ ਪਾਰਟੀ ਸੂਬੇ ਵਿਚ ਆਪਣਾ ਆਧਾਰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ‘ਚ ਇਸ ਸਮੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਾਲੀ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ) ਦੀ ਗਠਜੋੜ ਸਰਕਾਰ ਹੈ।