ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਯੂਨੀਵਰਸਿਟੀ ਨੂੰ ਦਿੱਤੀ ਜਾਣ ਵਾਲੀ ਗਰਾਂਟ ਦੇ ਸੰਬੰਧ ਵਿਚ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਇਸ ਮੌਕੇ ਹਰਿਆਣਾ ਦੇ ਕਈ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲਣ ਦੀ ਮੰਗ ਸੀ.ਐਮ. ਖੱਟਰ ਨੇ ਰੱਖੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਕਿਹਾ ਗਿਆ ਕਿ ਹਰਿਆਣਾ ਦੇ ਕਾਲਜਾਂ ਨੂੰ ਵੀ ਪੀ. ਯੂ. ਮਾਨਤਾ ਦੇਵੇ। ਉਥੇ ਹੀ ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਜ਼ੇਟਿਵ ਰੁਖ ਵਿਖਾਇਆ ਅਤੇ ਸਮੇਂ ਦੀ ਮੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਦੋਹਾਂ ਸੂਬਿਆਂ ਦਰਮਿਆਨ ਸਦਭਾਵਨਾ ਵਾਲੇ ਮਾਹੌਲ ਲਈ ਇਸ ਮਾਮਲੇ ‘ਤੇ ਅੰਤਿਮ ਫ਼ੈਸਲਾ ਲੈਣ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ ਹੈ। ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਪੰਜਾਬ ਦੇ ਕਾਲਜ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਹਰਿਆਣਾ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਹਰਿਆਣਾ ਕੇਂਦਰ ਸਰਕਾਰ ਦੀ ਮਦਦ ਨਾਲ ਪੰਜਾਬ ਯੂਨੀਵਰਸਿਟੀ ਨੂੰ ਹੋਰ ਅੱਗੇ ਵਧਾਏਗਾ। ਮੀਟਿੰਗ ਵਿੱਚ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਦੇਸ਼ ਦੀ ਤਰੱਕੀ ਵਿੱਚ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਦੀ ਗੱਲ ਵੀ ਕੀਤੀ ਗਈ। ਦੋਵਾਂ ਰਾਜਾਂ ਦੇ ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਦੀ ਗਰਾਂਟ ਅਤੇ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਬੰਧੀ ਰਾਜਪਾਲ ਬੀ. ਐੱਲ. ਪੁਰੋਹਿਤ ਨਾਲ 5 ਜੂਨ ਨੂੰ ਮੁੜ ਮੀਟਿੰਗ ਕਰਨਗੇ। ਇਸ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤਕਰਨ ਲਈ ਪੰਜਾਬ ਅਤੇ ਹਰਿਆਣਾ ਦਰਮਿਆਨ ਸਮਝੌਤਾ ਵੀ ਕੀਤਾ ਜਾ ਸਕਦਾ ਹੈ।
ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਹੀ ਪੰਜਾਬ ਯੂਨੀਵਰਸਿਟੀ ਨੂੰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਦਕਿ ਸਾਲ 1990 ਤੱਕ ਹਰਿਆਣਾ ਸਰਕਾਰ ਵੱਲੋਂ 40 ਫ਼ੀਸਦੀ ਗਰਾਂਟ ਵੀ ਦਿੱਤੀ ਜਾਂਦੀ ਸੀ। ਇਸ ਪਿੱਛੇ ਕਈ ਸਿਆਸੀ ਕਾਰਨ ਸਨ ਪਰ ਹਰਿਆਣਾ ਤੋਂ ਮਿਲਣ ਵਾਲੀ ਗਰਾਂਟ ਬੰਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਚਲਾਉਣ ਲਈ ਗਰਾਂਟਾਂ ਦਿੱਤੀਆਂ ਗਈਆਂ ਹਨ। ਇਸ ਕਾਰਨ ਪੰਜਾਬ ਯੂਨੀਵਰਸਿਟੀ ਦੀ ਵਿੱਤੀ ਹਾਲਤ ਵੀ ਕਮਜ਼ੋਰ ਹੋ ਗਈ ਹੈ। ਜੇਕਰ ਹਰਿਆਣਾ ਸਰਕਾਰ ਪੀ. ਯੂ. ਨੂੰ ਦੋਬਾਰਾ ਗਰਾਂਟ ਦੇਣੀ ਸ਼ੁਰੂ ਕਰ ਦਿੰਦੀ ਹੈ ਤਾਂ ਯੂਨੀਵਰਸਿਟੀ ਨੂੰ ਆਰਥਿਕ ਮਜ਼ਬੂਤੀ ਮਿਲੇਗੀ।