ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਯਾਨੀ 13 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਦੇ ਮੋਹਾਲੀ ਦਫ਼ਤਰ ਵਿਖੇ ਪੇਸ਼ ਹੋਏ ਸਨ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਉਹਨਾਂ ਤੋਂ ਕਰੀਬ 5 ਘੰਟਿਆਂ ਤੱਕ ਪੁੱਛਗਿੱਛ ਕੀਤੀ ਪਰ ਅਧਿਕਾਰੀ ਚੰਨੀ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਸਨ ਜਿਸ ਕਰਕੇ ਉਹਨਾਂ ਨੂੰ ਮੁੜ ਤੋਂ ਤਲਬ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਾਇਦਾਦ ਸਬੰਧੀ ਜੋ ਪ੍ਰੋਫਾਰਮਾ ਭਰਨ ਲਈ ਦਿੱਤਾ ਸੀ ਉਹ ਵੀ ਅਧੂਰਾ ਹੈ।
ਦਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚੰਨੀ ਤੋਂ 2 ਵਾਰ ਸਵਾਲ ਜਵਾਬ ਹੋ ਚੁੱਕੇ ਹਨ। ਪਹਿਲੀ ਵਾਰ 14 ਅਪ੍ਰੈਲ ਨੂੰ ਪੇਸ਼ ਹੋਏ ਸਨ ਤਾਂ ਦੂਸਰੀ ਪੇਸ਼ੀ ਬੀਤੇ ਦਿਨ 13 ਜੂਨ ਨੂੰ ਸੀ। ਦਸ ਦਈਏ ਕਿ ਬੀਤੇ ਕੱਲ੍ਹ ਸਾਬਕਾ ਮੁੱਖ ਮੰਤਰੀ ਮੋਹਾਲੀ ਸਥਿਤ ਵਿਜੀਲੈਂਸ ਦੇ ਦਫ਼ਤਰ ਸਵੇਰੇ 10:30 ਵਜੇ ਦੇ ਕਰੀਬ ਪਹੁੰਚ ਗਏ ਸਨ।