ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯਾਨੀ 16 ਜੂਨ ਨੂੰ ਅੰਤ੍ਰਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਦੇ ਉਥੇ ਜਾਣ ਦਾ ਵਿਰੋਧ ਕੀਤਾ ਸੀ। ਇਥੇ ਇਹ ਵੀ ਦਸ ਦਈਏ ਕਿ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਵੀ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਹੀ ਗੱਲ ਚੱਲੀ ਸੀ ਪਰ ਚਰਚਾਵਾਂ ਖ਼ਤਮ ਹੋ ਗਈਆਂ ਸੀ ਕਿਉਂਕਿ ਉਸ ਮੀਟਿੰਗ ਵਿਚ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਸੀ।