ਸ਼ੁੱਕਰਵਾਰ ਨੂੰ ਯਾਨੀ ਅੱਜ ਹੋਣ ਵਾਲੀ ਮਨੀਪੁਰ ਮਾਮਲੇ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਵੱਲੋਂ ਕੀਤੀ ਜਾਣੀ ਸੀ, ਪਰ ਸਿਹਤ ਖ਼ਰਾਬ ਹੋਣ ਕਾਰਨ ਉਹ ਅੱਜ ਅਦਾਲਤ ਵਿੱਚ ਨਹੀਂ ਆਏ। ਇਸ ਕਾਰਨ ਜਸਟਿਸ ਚੰਦਰਚੂੜ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਦੇ ਸਾਹਮਣੇ ਪੈਂਡਿੰਗ ਮਾਮਲਿਆਂ ਦੀ ਸੁਣਵਾਈ ਅੱਜ ਨਹੀਂ ਹੋਵੇਗੀ।
ਦਸ ਦਈਏ ਕਿ ਇਸ ਮਾਮਲੇ ‘ਚ ਪੁਲਿਸ 7 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਜਿਸ ਮੋਬਾਈਲ ਤੋਂ ਘਟਨਾ ਦੀ ਵੀਡੀਓ ਬਣਾਈ ਗਈ ਸੀ, ਉਹ ਵੀ ਬਰਾਮਦ ਕਰ ਲਿਆ ਗਿਆ ਹੈ। ਵੀਡੀਓ ਬਣਾਉਣ ਵਾਲੇ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਥੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਕਿਹਾ ਕਿ ਮਨੀਪੁਰ ‘ਚ ਔਰਤਾਂ ਦੀ ਨਗਨ ਪਰੇਡ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਅਦਾਲਤ ਨੂੰ ਕੇਸ ਦੀ ਸੁਣਵਾਈ ਮਨੀਪੁਰ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਜਿਸ ਮੋਬਾਈਲ ਤੋਂ ਘਟਨਾ ਦੀ ਵੀਡੀਓ ਬਣਾਈ ਗਈ ਸੀ ਉਹ ਮੋਬਾਈਲ ਪੁਲਿਸ ਨੇ ਸੀਬੀਆਈ ਨੂੰ ਸੌਂਪ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮਨੀਪੁਰ ‘ਚ ਔਰਤਾਂ ਦੀ ਨਗਨ ਪਰੇਡ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਰ ਕੀਤੀ ਸੀ। ਸੁਪਰੀਮ ਕੋਰਟ ਨੇ 20 ਜੁਲਾਈ ਨੂੰ ਕਿਹਾ ਸੀ- ਵੀਡੀਓ ਦੇਖ ਕੇ ਅਸੀਂ ਬਹੁਤ ਪਰੇਸ਼ਾਨ ਹਾਂ। ਅਸੀਂ ਸਰਕਾਰ ਨੂੰ ਕਦਮ ਚੁੱਕਣ ਲਈ ਸਮਾਂ ਦਿੰਦੇ ਹਾਂ। ਜੇਕਰ ਉੱਥੇ ਕੁਝ ਨਹੀਂ ਹੋਇਆ, ਤਾਂ ਅਸੀਂ ਕਦਮ ਚੁੱਕਾਂਗੇ।