ਦੇਸ਼ ਵਿੱਚ ਸਿਰਫ ਇੱਕ ਹੀ ਚੋਣ ਕਰਵਾਉਣ ਨੂੰ ਲੈਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਨੇ ‘ਇੱਕ ਦੇਸ਼, ਇੱਕ ਚੋਣ’ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ। ਇਸ ਤੋਂ ਬਾਅਦ ਹੀ ਇਹ ਤੈਅ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਸਾਰੇ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਕਰੇਗੀ ਜਾਂ ਨਹੀਂ।
ਦੱਸ ਦੇਈਏ ਕਿ ਇੱਕ ਦੇਸ਼-ਇੱਕ ਚੋਣ ਦਾ ਮਤਲਬ ਹੈ ਕਿ ਦੇਸ਼ ਵਿੱਚ ਹੋਣ ਵਾਲੀਆਂ ਸਾਰੀਆਂ ਚੋਣਾਂ ਇੱਕੋ ਸਮੇਂ ਹੋਣੀਆਂ ਚਾਹੀਦੀਆਂ ਹਨ। ਦੇਸ਼ ਦੀ ਆਜ਼ਾਦੀ ਤੋਂ ਕੁਝ ਸਮਾਂ ਬਾਅਦ ਤੱਕ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਸਮੇਂ ਹੁੰਦੀਆਂ ਸਨ, ਪਰ ਬਾਅਦ ਵਿੱਚ ਇਸ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਗਿਆ ਅਤੇ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਅਲੱਗ-ਅਲੱਗ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੂਤਰਾਂ ਮੁਤਾਬਕ ਸਰਕਾਰ ਇਸ ਦੌਰਾਨ “ਇਕ ਦੇਸ਼ ਇਕ ਚੋਣ” ਬਾਰੇ ਬਿੱਲ ਵੀ ਲਿਆ ਸਕਦੀ ਹੈ।