ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਮਿਲ ਰਹੇ ਵੀ. ਆਈ. ਪੀ. ਟਰੀਟਮੈਂਟ ਨੂੰ ਲੈ ਕੇ ਮਜੀਠੀਆ ਵੱਲੋਂ ਸਵਾਲ ਚੁੱਕੇ ਗਏ ਹਨ। ਮਜੀਠੀਆ ਨੇ ਕਿਹਾ ਕਿ ਜਿਸ ਵਿਅਕਤੀ ‘ਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਵਰਗੇ ਵੱਡੇ ਦੋਸ਼ ਲੱਗੇ ਹਨ, ਉਸ ਨੂੰ ਜੇਲ੍ਹ ਅੰਦਰ ਵੀ. ਵੀ. ਆਈ. ਪੀ. ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਅਦ ਵੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਤੇਂਦਰ ਜੈਨ ਨੂੰ ਗਲਤ ਨਹੀਂ ਦੱਸ ਰਹੀ।
ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਚੰਡੀਗੜ੍ਹ ‘ਚ ਜ਼ਮੀਨ ਦੇਣ ਦੇ ਮਾਮਲੇ ‘ਤੇ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ‘ਤੇ ਸਿਰਫ ਪੰਜਾਬ ਦਾ ਹੱਕ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਵਿਧਾਨ ਸਭਾ ਲਈ ਚੰਡੀਗੜ੍ਹ ਦੇ ਮੁੱਦੇ ‘ਤੇ ਜੋ ਕੀਤਾ ਜਾ ਰਿਹਾ ਹੈ, ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਦੀ ਜ਼ਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ। ਮਜੀਠੀਆ ਨੇ ਕਿਹਾ ਕਿ ਜੇਕਰ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਜ਼ਮੀਨ ਦਿੱਤੀ ਗਈ ਤਾਂ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ ਅਤੇ ਧਰਨਾ ਵੀ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨੂੰ ਹਰਿਆਣਾ ਸਰਕਾਰ ਸਮਝੇ ਅਤੇ ਹਾਲਾਤ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕਰੇ।