ਇਸ ਵੇਲੇ ਦੀ ਵੱਡੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਥੇ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੀ। ਇਸਦੇ ਨਾਲ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਗਿਆਨੀ ਹਰਪ੍ਰੀਤ ਸਿੰਘ ਬਣੇ ਰਹਿਣਗੇ।
ਦਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯਾਨੀ 16 ਜੂਨ ਨੂੰ ਅੰਤ੍ਰਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੱਦੀ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਕਿਆਸ ਲਗਾਏ ਜਾ ਰਹੇ ਸੀਕਿ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਦੇ ਉਥੇ ਜਾਣ ਦਾ ਵਿਰੋਧ ਕੀਤਾ ਸੀ।