ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ 23 ਤੋਂ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਮੰਤਰੀ ਹਰਜੋਤ ਬੈਂਸ ਨੇ ਲਿਖਿਆ- ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਬਿਆਸ ਅਤੇ ਸਤਲੁਜ ਦਰਿਆਵਾਂ ਊਫਾਨ ‘ਤੇ ਹੈ। ਇਸ ਕਾਰਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਜਲੰਧਰ, ਮੋਗਾ, ਰੂਪਨਗਰ, ਕਪੂਰਥਲਾ, ਨਵਾਂਸ਼ਹਿਰ ਯਾਨੀ ਸੂਬੇ ਦੇ ਕੁੱਲ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ।