CBSE ਨੇ 12ਵੀਂ ਤੋਂ ਬਾਅਦ ਹੁਣ 10ਵੀਂ ਜਮਾਤ ਦੀ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ CBSE ਦੀ 10ਵੀਂ ਜਮਾਤ ਦੀ ਪ੍ਰੀਖਿਆ ‘ਚ ਤਕਰੀਬਨ 93.12 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਦਸ ਦਈਏ ਕਿ ਇਸ ਤੋਂ ਪਹਿਲਾਂ ਸੀ. ਬੀ.ਐੱਸ.ਈ. ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਤਕਰੀਬਨ 87.33 ਫੀਸਦੀ ਵਿਦਿਆਰਥੀਆਂ ਦੇ ਪਾਸ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਨੇ ਵਿਦਿਆਰਥੀਆਂ ਦੇ ਅੰਕਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦੇਣ ਦੀ ਪ੍ਰਕਿਰਿਆ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ।
ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,”ਸੀ.ਬੀ.ਐੱਸ.ਈ. ਵਿਦਿਆਰਥੀਆਂ ਦਰਮਿਆਨ ਅਸਵਸਥ ਮੁਕਾਬਲੇ ਤੋਂ ਬਚਣ ਲਈ ਕੋਈ ਮੈਰਿਟ ਲਿਸਟ ਐਲਾਨ ਨਹੀਂ ਕਰੇਗਾ। ਹਾਲਾਂਕਿ, ਬੋਰਡ 0.1 ਫੀਸਦੀ ਵਿਦਿਆਰਥੀਆਂ ਨੂੰ ਮੈਰਿਟ ਪ੍ਰਮਾਣ ਪੱਤਰ ਜਾਰੀ ਕਰੇਗਾ, ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ‘ਚ ਸਭ ਤੋਂ ਵੱਧ ਅੰਕ ਹਾਸਲ ਕੀਤੇ ਹਨ।” ਪਿਛਲੇ ਸਾਲ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ ‘ਚ 92.71 ਫੀਸਦੀ ਵਿਦਿਆਰਥੀ ਪਾਸ ਹੋਏ ਸਨ ਅਤੇ ਇਸ ਵਾਰ 87.33 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜੋ ਪਿਛਲੇ ਸਾਲ ਦੇ ਮੁਕਾਬਲੇ 5.38 ਫੀਸਦੀ ਘੱਟ ਹੈ।