ਉਂਝ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਕੱਲੇ ਹੀ ਵਿਰੋਧੀਆਂ ਨੂੰ ਜਵਾਬ ਦੇਣ ਲਈ ਕਾਫੀ ਹਨ ਪਰ ਹੁਣ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਵੀ ਸੀ.ਐਮ. ਮਾਨ ਦੇ ਵਿਰੋਧ ਵਿਚ ਬਿਆਨ ਦੇਣ ਵਾਲੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਵਿਰੋਧੀਆਂ ’ਤੇ ਤਿੱਖਾ ਤੰਜ ਕੱਸਿਆ ਹੈ। ਗੁਰਪ੍ਰੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਵਿਰੋਧੀਆਂ ਲਈ ਜ਼ਰੂਰੀ ਸੂਚਨਾ, ਮਾਨ ਸਾਹਿਬ ਆਪਣੇ ਮਿਸ਼ਨ ’ਤੇ ਹਨ ਕਮਿਸ਼ਨ ’ਤੇ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਸਰਗਰਮ ਸਿਆਸਤ ’ਚ ਦਿਲਚਸਪੀ ਲੈ ਰਹੇ ਹਨ ਅਤੇ ਉਹ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ’ਚ ਵੱਖ-ਵੱਖ ਸਮਾਗਮਾਂ ਅੰਦਰ ਆਪਣੀ ਹਾਜ਼ਰੀ ਯਕੀਨੀ ਬਣਾਉਂਦੇ ਹਨ।
ਡਾਕਟਰ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਵਿਗੜੇ ਹੋਏ ਸਿਸਟਮ ਨੂੰ ਸੁਧਾਰਨ ਲਈ ਕੁਝ ਸਮਾਂ ਲੱਗੇਗਾ ਪਰ ਵਿਰੋਧੀਆਂ ਵੱਲੋਂ ਬੇਲੋੜਾ ਪ੍ਰਚਾਰ ਕਰ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਪਿਛੋਕੜ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਹੁਣ ਇਨ੍ਹਾਂ ਝੂਠੀਆਂ ਗੱਲਾਂ ’ਚ ਨਹੀਂ ਆਉਣਗੇ।