ਬੀਤੇ ਕੱਲ੍ਹ ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੌਰਾਨ ਪੰਜਾਬ ‘ਚ ਕੰਮ ਗਿਣਵਾਏ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ। ਜਿਸ ਵਿਚ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਈ ਜਾਂਦੀ ਪੈਨਸ਼ਨ ਬਾਰੇ ਵੀ ਬਿਆਨਬਾਜ਼ੀ ਕੀਤੀ ਜਿਸ ‘ਤੇ ਹੁਣ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ‘ਪੰਜ ਪੈਨਸ਼ਨਾਂ’ ਲੈਣ ਦਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ।
ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਵੱਲੋਂ 7 ਸਾਲ ਪਹਿਲਾਂ ਸ਼ੁਰੂ ਕੀਤੀ ਬਦਨਾਮੀ ਦੀ ਮੁਹਿੰਮ ਚਲਾ ਰਹੇ ਹਨ ਅਤੇ ਹੁਣ ਉਹ ਝੂਠ ਤੇ ਝੂਠੇ ਵਾਅਦਿਆਂ ਨਾਲ ਗੁਜਰਾਤ ਦੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸ਼ਾਇਦ ਇਹ ਸੋਚਦੇ ਹਨ ਕਿ ਉਹ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਸਕਦੇ ਹਨ ਪਰ ਅਸੀਂ ਉਨ੍ਹਾਂ ਵੱਲੋਂ ਦਿੱਤੇ ਬਿਆਨਾਂ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਮਾਨ ਨੂੰ ਆਪਣੇ ਦਾਅਵਿਆਂ ਦੇ ਹੱਕ ਵਿਚ ਸਬੂਤ ਜਨਤਕ ਤੌਰ ’ਤੇ ਪੇਸ਼ ਕਰਨੇ ਪੈਣਗੇ ਨਹੀਂ ਤਾਂ ਆਪਣੇ ਬਿਆਨਾਂ ਲਈ ਮੁਆਫੀ ਮੰਗਣੀ ਪਵੇਗੀ। ਜੇਕਰ ਉਹ ਅਜਿਹਾ ਨਹੀਂ ਕਰਦੇ ਜਾਂ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਤਾਂ ਫਿਰ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਤੱਥ ਪੇਸ਼ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਤੁਰੰਤ ਬਾਅਦ ਪ੍ਰੋ ਟੈਮ ਸਪੀਕਰ ਨੁੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦੇ 10 ਵਾਰ ਵਿਧਾਇਕ ਬਣਨ ਦੀ ਪੈਨਸ਼ਨ ਉਨ੍ਹਾਂ ਨੂੰ ਨਾ ਭੇਜੀ ਜਾਵੇ। ਬਾਦਲ ਨੇ ਇਹ ਬੇਨਤੀ ਕੀਤੀ ਸੀ ਕਿ ਇਹ ਪੈਸਾ ਲੋਕ ਭਲਾਈ ਵਾਸਤੇ ਖਾਸ ਤੌਰ ’ਤੇ ਲੜਕੀਆਂ ਨੂੰ ਸਿੱਖਿਆ ਦੇਣ ’ਤੇ ਖਰਚ ਕੀਤੀ ਜਾਵੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚਿੱਠੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਵਿਚ ਕਦੇ ਵੀ ਸਾਬਕਾ ਵਿਧਾਇਕ ਵਜੋਂ ਪੈਨਸ਼ਨ ਨਹੀਂ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤੱਥਾਂ ਦੀ ਰੋਸ਼ਨੀ ਵਿਚ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸ਼ਰਾਰਤੀ ਟਿੱਪਣੀਆਂ ਕਰ ਰਹੇ ਹਨ ਤਾਂ ਜੋ ਉਹ ਅਕਾਲੀ ਦਲ ਦੀ ਬਦਨਾਮੀ ਕਰ ਸਕਣ ਤੇ ਆਪਣੇ ਆਪ ਨੂੰ ਮਸੀਹਾ ਵਜੋਂ ਪੇਸ਼ ਕਰ ਸਕਣ ਜੋ ਹਰ ਮਹੀਨੇ ਟੈਕਸ ਦਾਤਿਆਂ ਦਾ 5 ਲੱਖ ਰੁਪਏ ਬਚਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਜੋ ਹੋ ਰਿਹਾ ਹੈ, ਉਹ ਇਸ ਤੋਂ ਉਲਟ ਹੈ। ਆਪ ਦੀ ਸਾਰੀ ਮੁਹਿੰਮ ਪ੍ਰਾਪਗੰਡੇ ’ਤੇ ਆਧਾਰਿਤ ਹੈ ਤੇ ਮੌਜੂਦਾ ਵਿੱਤ ਵਰ੍ਹੇ ਵਿਚ ਹੀ 700 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਵਾਸਤੇ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਸੈਂਕੜੇ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਜਾ ਰਹੇ ਹਨ। ਟੈਕਸ ਦਾਤੇ ਪੰਜਾਬੀਆਂ ਦਾ ਪੈਸਾ ਜੋ ਵਿਕਾਸ ਲਈ ਖਰਚ ਹੋਣਾ ਚਾਹੀਦਾ ਹੈ, ਉਹ ਇਸ ਤਰੀਕੇ ਬਰਬਾਦ ਕੀਤਾ ਜਾ ਰਿਹਾ ਹੈ।
ਮੈਡੀਕਾਲ ਕਾਲਜਾਂ ਦੇ ਨਿਰਮਾਣ ਦੀ ਗੱਲ ਨੂੰ ਦੱਸਿਆ ਕੋਰਾ ਝੂਠ
ਸੁਖਬੀਰ ਬਾਦਲ ਨੇ ਭਗਵੰਤ ਮਾਨ ਵੱਲੋਂ ਅੱਜ ਗੁਜਰਾਤ ਵਿਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਬੋਲੇ ਝੂਠ ਨੂੰ ਵੀ ਬੇਨਕਾਬ ਕੀਤਾ ਜਿਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਮੈਡੀਕਲ ਕਾਲਜਾਂ ਦਾ ਨਿਰਮਾਣ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਇਹ ਕੋਰਾ ਝੂਠ ਹੈ। ਪੰਜਾਬ ਵਿਚ ਸਾਰੇ ਮੈਡੀਕਲ ਕਾਲਜਾਂ ਲਈ ਪ੍ਰਵਾਨਗੀ ਕੇਂਦਰ ਸਰਕਾਰ ਨੇ ਕੋਰੋਨਾ ਤੋਂ ਬਾਅਦ ਦੇ ਹਾਲਾਤ ਵਿਚ ਦਿੱਤੀ ਹੈ ਜਿਸ ਵਿਚ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਬਰਾਬਰ ਦਾ ਯੋਗਦਾਨ ਪਾ ਕੇ ਇਹ ਕਾਲਜ ਸਥਾਪਿਤ ਕਰਨਗੀਆਂ। ਭਗਵੰਤ ਮਾਨ ਨੇ ਤਾਂ ਸਿਰਫ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਸੁਵਿਧਾ ਕੇਂਦਰਾਂ ਦੀ ਲੀਪਾ ਪੋਥੀ ਕਰ ਕੇ ਉਨ੍ਹਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤਾ ਹੈ ਜਦੋਂ ਕਿ ਇਹ ਦਿੱਲੀ ਦਾ ਫੇਲ੍ਹ ਮਾਡਲ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵੀ ਸਹੀ ਤਰੀਕੇ ਨਹੀਂ ਚਲ ਰਹੇ ਕਿਉਂਕਿ ਦਿਹਾਤੀ ਖੇਤਰਾਂ ਵਿਚ ਇਨ੍ਹਾਂ ਕਲੀਨਿਕਾਂ ਵਿਚ ਨਾ ਤਾਂ ਡਾਕਟਰ ਉਪਲਬਧ ਹੈ ਬਲਕਿ ਇਨ੍ਹਾਂ ਵਿਚ ਹੋਰ ਸਟਾਫ ਦੀ ਬਹੁਤ ਘਾਟ ਹੈ।