ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਅਸਲ ਸਾਜਿਸ਼ਕਰਤਾ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵਲੋਂ ਡਿਟੇਨ ਕੀਤੇ ਜਾਣ ਦੀ ਖ਼ਬਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਗੋਲਡੀ ਬਰਾੜ ਕਈ ਵੱਡੇ ਕਤਲ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੈ, ਜਿਸ ਨੂੰ ਅਮਰੀਕਾ ਪੁਲਿਸ ਨੇ ਡਿਟੇਨ ਕਰ ਲਿਆ ਹੈ, ਇਸ ਦੀ ਖ਼ਬਰ ਅੱਜ ਹੀ ਉਨ੍ਹਾਂ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਕੈਲੀਫੋਰਨੀਆ ਵਲੋਂ ਸਾਡੇ ਨਾਲ ਬਕਾਇਦਾ ਸੰਪਰਕ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੱਝ ਸਮਾਂ ਪਹਿਲਾਂ ਹੀ ਗੋਲਡੀ ਬਰਾੜ ਨੂੰ ਲੈ ਕੇ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ ਗਿਆ ਸੀ।
ਇਸ ਦੌਰਾਨ ਮੁੱਖ ਮੰਤਰੀ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ’ਤੇ ਜੰਮ ਕੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਅ ਐਂਡ ਆਰਡਰ ਦੇ ਨਾਂ ’ਤੇ ਬਦਨਾਮ ਕੀਤਾ ਜਾ ਰਿਹਾ ਹੈ। ਜਦਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਸਰਕਾਰ ਸਮੇਂ ਗੈਂਗਸਟਰ ਪੈਦਾ ਹੋਏ ਸਨ। ਕਾਂਗਰਸ ਦੀ ਕੈਪਟਨ ਸਰਕਾਰ ਨੇ ਗੈਂਗਸਟਰਾਂ ਨੂੰ ਹੋਰ ਉਤਸ਼ਾਹ ਦਿੱਤਾ। ਅਕਾਲੀ-ਭਾਜਪਾ ਸਰਕਾਰ ਸਮੇਂ ਜੇਲਾਂ ਬ੍ਰੇਕ ਹੁੰਦੀਆਂ ਰਹੀਆਂ। ਹਾਈ ਸਕਿਓਰਿਟੀ ਜੇਲ੍ਹਾਂ ਵਿਚੋਂ ਗੈਂਗਸਟਰ ਫਰਾਰ ਹੁੰਦੇ ਰਹੇ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨ ਕਲਚਰ ’ਤੇ ਰੋਕ ਲਗਾ ਦਿੱਤੀ ਹੈ। ਅਸੀਂ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਾਂਗੇ ਅਤੇ ਜਲਦੀ ਹੀ ਗੈਂਗਸਟਰ ਕਲਚਰ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ।