ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਦੁਆਰਾ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਅਤੇ ਸੂਚਨਾ ਬੋਰਡ ਆਦਿ ਪੰਜਾਬੀ ਭਾਸ਼ਾ ’ਚ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਹੁਣ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਕ ਨਿਵੇਕਲੀ ਪਹਿਲ ਕੀਤੀ ਹੈ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿਚ ਪੁਲਸ ਮੁਲਾਜ਼ਮਾਂ ’ਤੇ ਪੈ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿਛਲੇ ਸਮੇਂ ’ਚ ਕਈ ਫੈਸਲੇ ਲਏ ਸਨ, ਜਿਸ ’ਤੇ ਸਰਕਾਰ ਆਉਣ ਵਾਲੇ ਦਿਨਾਂ ’ਚ ਅਮਲ ਕਰਨ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਲਏ ਫੈਸਲੇ ਦੇ ਮੱਦੇਨਜ਼ਰ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਉਨ੍ਹਾਂ ਨੇ ਆਪਣੀ ਵਰਦੀ ’ਤੇ ਅੰਗਰੇਜ਼ੀ ਭਾਸ਼ਾ ’ਚ ਲੱਗੀ ਨੇਮ ਪਲੇਟ ਉਤਾਰ ਦਿੱਤੀ ਹੈ। ਹੁਣ ਉਨ੍ਹਾਂ ਦੀ ਵਰਦੀ ’ਤੇ ਲੱਗੀ ਨੇਮ ਪਲੇਟ ’ਤੇ ਪੰਜਾਬੀ ਭਾਸ਼ਾ ’ਚ ਉਨ੍ਹਾਂ ਦਾ ਨਾਂ ‘ਗੌਰਵ ਯਾਦਵ’ ਲਿਖਿਆ ਹੋਇਆ ਹੈ।
ਪੰਜਾਬ ਪੁਲਸ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਜੋ ਕਦਮ ਖੁਦ ਚੁੱਕਿਆ ਹੈ, ਉਸ ਦਾ ਸਕਾਰਾਤਮਕ ਅਤੇ ਮਨੋਵਿਿਗਆਨਕ ਪ੍ਰਭਾਵ ਹੋਰਨਾਂ ਪੁਲਸ ਅਧਿਕਾਰੀਆਂ ’ਤੇ ਵੀ ਵੇਖਣ ਨੂੰ ਮਿਲੇਗਾ। ਹੋਰ ਪੁਲਸ ਅਧਿਕਾਰੀ ਵੀ ਪੁਲਸ ਕਪਤਾਨ ਦੇ ਨਕਸ਼ੇ-ਕਦਮਾਂ ’ਤੇ ਚੱਲਦੇ ਹੋਏ ਆਪਣੀ ਵਰਦੀ ’ਤੇ ਲੱਗੀਆਂ ਨੇਮ ਪਲੇਟਾਂ ’ਤੇ ਪੰਜਾਬੀ ਭਾਸ਼ਾ ਵਿਚ ਆਪਣਾ ਨਾਂ ਲਿਖਵਾ ਸਕਦੇ ਹਨ। ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਨੇਮ ਪਲੇਟ ਪੰਜਾਬੀ ’ਚ ਲਗਵਾਉਣ ਨਾਲ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।
ਇਸ ਤੋਂ ਪਹਿਲਾਂ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਬਹਾਲ ਕਰਨ ਲਈ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਆਈਪੀਐਸ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੀ ਵਰਦੀ ਉੱਪਰ ਪੰਜਾਬੀ ਭਾਸ਼ਾ ’ਚ ਨੇਮ ਪਲੇਟ ਲਾਈ ਸੀ। ਸੀਨੀਅਰ ਆਈਪੀਐਸ ਅਫਸਰ ਦੇ ਇਸ ਕਦਮ ਨਾਲ ਹੇਠਲੇ ਅਫਸਰਾਂ ਵਿੱਚ ਵੀ ਮਾਂ ਬੋਲੀ ਪੰਜਾਬੀ ਪ੍ਰਤੀ ਚੰਗਾ ਸੰਦੇਸ਼ ਜਾਏਗਾ। ਇਸ ਪਹਿਲ ਤੋਂ ਪ੍ਰਭਾਵਿਤ ਹੁੰਦਿਆ ਉਨ੍ਹਾਂ ਦੇ ਰੀਡਰ ਅਵਤਾਰ ਸਿੰਘ ਪੰਜੋਲਾ ਨੇ ਵੀ ਆਪਣੀ ਵਰਦੀ ’ਤੇ ਪੰਜਾਬੀ ਭਾਸ਼ਾ ’ਚ ਲਿਖਿਆ ਬੈਚ ਲਗਾਇਆ।
ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿਛਲੇ ਸਮੇਂ ’ਚ ਕਈ ਫੈਸਲੇ ਲਏ ਸਨ, ਜਿਸ ’ਤੇ ਸਰਕਾਰ ਆਉਣ ਵਾਲੇ ਦਿਨਾਂ ’ਚ ਅਮਲ ਕਰਨ ਜਾ ਰਹੀ ਹੈ। ਉੱਥੇ ਹੀ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ ਹੀ ਪੁਲਿਸ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਦੇ ਬਾਹਰ ਅਤੇ ਵਰਦੀ ’ਤੇ ਨੇਮ ਪਲੇਟ ਪੰਜਾਬੀ ’ਚ ਲਗਾਉਣ ਦੀ ਗੱਲ ਕਹੀ ਗਈ ਹੈ।