ਸੂਬੇ ਨੂੰ ਅਪਰਾਧੀਆਂ ਅਤੇ ਗੈਂਗਸਟਰਾਂ ਤੋਂ ਮੁਕਤ ਬਣਾਉਣ ਦੇ ਮਕਸਦ ਦੇ ਨਾਲ-ਨਾਲ ਨਾਗਰਿਕਾਂ ਦੀ ਬਿਹਤਰ ਸੁਰੱਖਿਆ ਲਈ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੀ ਪੁਲਿਸ ਫੋਰਸ ਨੂੰ ਅਪਗ੍ਰੇਡ ਕਰਨ ਲਈ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਭਰ ਦੀਆਂ ਪੁਲਿਸ ਯੂਨਿਟਾਂ ’ਚ ਭੀੜ ਨੂੰ ਕਾਬੂ ਕਰਨ ਅਤੇ ਦੰਗਾ ਕਰਨ ਵਾਲੇ ਲੋਕਾਂ ਨੂੰ ਖਦੇੜਣ ਕਰਨ ਲਈ ਪੁਲਿਸ ਨੂੰ ਦੰਗਾ ਵਿਰੋਧੀ ਅਭਿਆਸ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੀ ਨਿਗਰਾਨੀ ਵਾਈਸ ਪੁਲਿਸ ਅਧਿਕਾਰੀ ਖ਼ੁਦ ਕਰ ਰਹੇ ਹਨ।
ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਕਿਹਾ ਕਿ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਨੂੰ ਢੁੱਕਵੇਂ ਸਮੇਂ ’ਤੇ ਤਰੱਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਅਭਿਆਸ ਨਾਲ ਜਿੱਥੇ ਇਕ ਪਾਸੇ ਪੁਲਿਸ ਫੋਰਸ ਨੂੰ 24 ਘੰਟੇ ਤਿਆਰ ਰੱਖਿਆ ਜਾ ਸਕੇਗਾ, ਉੱਥੇ ਹੀ ਪੁਲਿਸ ਮੁਲਾਜ਼ਮ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੋ ਜਾਣਗੇ।