ICC ਵਿਸ਼ਵ ਕੱਪ 2023 ਦੀ ਮੇਜ਼ਬਾਨੀ ਇਸ ਵਾਰ ਭਾਰਤ ਕਰ ਰਿਹਾ ਹੈ ਅਤੇ ਬੀਤੇ ਕੱਲ੍ਹ 5 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਮੈਚਾਂ ਦਾ ਸ਼ਡਿਊਲ ਵੀ ਜਾਰੀ ਕੀਤਾ ਜਾ ਚੁੱਕਾ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਮੁਹਾਲੀ ਸਟੇਡੀਅਮ ਵਿਚ ICC ਵਿਸ਼ਵ ਕੱਪ 2023 ਦਾ ਕੋਈ ਵੀ ਮੈਚ ਨਹੀਂ ਖੇਡਿਆ ਜਾਵੇਗਾ। ਸਾਰੇ ਮੈਚ ਪੰਜਾਬ ਤੋਂ ਬਾਹਰ ਖੇਡੇ ਜਾ ਰਹੇ ਹਨ। ਜਿਸ ‘ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਵੀਡੀਓ ਜਾਰੀ ਕਰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਅਤੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।
ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ। ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।