ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਲੁੱਕਆਊਟ ਨੋਟਿਸ ਜਾਰੀ ਹੋਣ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਦੇਸ਼ ਜਾਣ ਦੀ ਫਿਰਾਕ ਵਿਚ ਸਨ ਜਿੰਨਾਂ ਨੂੰ ਸੁਰੱਖਿਆ ਏਜੰਸੀਆਂ ਨੇ ਦਿੱਲੀ ਏਅਰਪੋਰਟ ‘ਤੇ ਰੋਕ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਬੀਤੀ ਰਾਤ ਦਿੱਲੀ ਏਅਰਪੋਰਟ ਤੋਂ ਕੈਨੇਡਾ ਦੇ ਐਡਮਿੰਟਨ ਦੀ ਫਲਾਈਟ ’ਤੇ ਵਿਦੇਸ਼ ਜਾ ਰਹੇ ਸੀ ਜਿੰਨਾਂ ਨੂੰ ਸੁਰੱਖਿਆ ਏਜੰਸੀਆਂ ਨੇ ਫਲਾਈਟ ਚੜ੍ਹਨ ਤੋਂ ਰੋਕ ਦਿੱਤਾ ਅਤੇ ਇਸਦੇ ਪਿੱਛੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਲੁੱਕਆਊਟ ਨੋਟਿਸ ਦਾ ਹਵਾਲਾ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਕੁਝ ਸਮੇਂ ਤੋਂ ਕਮਾਈ ਤੋਂ ਜ਼ਿਆਦਾ ਜਾਇਦਾਦ ਬਣਾਉਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਦੇ ਬਠਿੰਡਾ ਦਫ਼ਤਰ ਵੱਲੋਂ ਕੀਤੀ ਜਾ ਰਹੀ ਇਸ ਜਾਂਚ ਸਬੰਧੀ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਗੁਰਪ੍ਰੀਤ ਸਿੰਘ ਕਾਂਗੜ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਸਬੰਧੀ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ। 11 ਜੂਨ ਭਾਵ ਐਤਵਾਰ ਦੇਰ ਸ਼ਾਮ 9 ਵਜੇ ਦੇ ਆਸ-ਪਾਸ ਗੁਰਪ੍ਰੀਤ ਕਾਂਗੜ ਨੂੰ ਦਿੱਲੀ ਏਅਰਪੋਰਟ ’ਤੇ ਰੋਕਿਆ ਗਿਆ। ਹਾਲਾਂਕਿ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।