ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਚਲ ਰਹੇ ਦੇਹ ਵਪਾਰ ਦਾ ਮਾਮਲਾ ਸਾਹਮਣੇ ਆਇਆ ਸੀ ਜੋ ਹੁਣ ਗਰਮਾਉਂਦਾ ਵਿਖਾਈ ਦੇ ਰਿਹਾ ਹੈ। ਇਸ ਮਾਮਲੇ ਦੇ ਵਿਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ’ਤੇ ਦੋਸ਼ ਲਾਇਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਤੇ ਸ਼ਹਿਰ ਵਿੱਚ ਸੁਰੱਖਿਅਤ ਮਾਹੌਲ ਮੁਹੱਈਆ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਅਜਿਹੇ ਮਾਮਲੇ ਪਹਿਲਾਂ ਹੀ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾ ਚੁੱਕੇ ਹਨ। ਉਹਨਾਂ ਸ਼ੰਕਾ ਜਤਾਈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਇਆ ਸੀ। ਬਾਹਰੋਂ ਆਏ ਇੱਕ ਬਲੌਗਰ ਨੂੰ ਦਲਾਲ ਨੇ ਹੋਟਲ ਦੇ ਕਮਰੇ ਨਾਲ ਕੁੜੀ ਮੁਹੱਈਆ ਕਰਾਉਣ ਦਾ ਪੇਸ਼ਕਸ਼ ਕੀਤੀ ਸੀ। ਇਸ ਮਾਮਲੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਜਥੇਬੰਦੀਆਂ ਨਿੱਤਰ ਆਈਆਂ ਸੀ। ਇਸ ਮਗਰੋਂ ਪੁਲਿਸ ਨੇ ਹੋਟਲ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ। ਅਜਿਹੇ 21 ਹੋਰ ਏਜੰਟਾਂ ਦੇ ਖਿਲਾਫ ਹੀ ਕਾਰਵਾਈ ਕੀਤੀ ਹੈ। ਦੂਜੇ ਪਾਸੇ ਸਿੱਖ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਤੇ ਸ਼੍ਰੋਮਣੀ ਕਮੇਟੀ ਦੀ ਚੁੱਪੀ ਕਾਰਨ ਦੇਹ ਵਪਾਰ ਦਾ ਧੰਦਾ ਵਧਿਆ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਅੰਮ੍ਰਿਤਸਰ ਦੇ ਵਿੱਚ ਦੇਹ ਵਪਾਰ ਦਾ ਕਾਲਾ ਧੰਦਾ ਨਹੀ ਚੱਲਣ ਦੇਣਗੇ।