ਮੂੰਗੀ ਅਤੇ ਮੱਕੀ ਦੀ MSP ‘ਤੇ ਖਰੀਦ ਦੀ ਮੰਗ ਲੈਕੇ 33 ਕਿਸਾਨ ਜਥੇਬੰਦੀਆਂ ਵਲੋਂ ਅੱਜ ਮੁਹਾਲੀ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਗੁਰਦੁਆਰਾ ਅੰਬ ਸਾਹਿਬ ਤੋਂ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਉਹਨਾਂ ਨੂਮ ਰਾਹ ਵਿਚ ਹੀ ਰੋਕ ਲਿਆ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। 33 ਯੂਨੀਅਨਾਂ ਦੇ ਆਗੂ ਬੱਸ ਵਿੱਚ ਬੈਠ ਕੇ ਪੰਜਾਬ ਭਵਨ ਗਏ ਅਤੇ ਬਾਕੀ ਪ੍ਰਦਰਸ਼ਨਕਾਰੀ ਸੜਕ ’ਤੇ ਬੈਠੇ ਹਨ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਡਾ. ਦਰਸ਼ਨਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਾਡਾ ਅੱਜ ਦਾ ਮੁੱਖ ਮੁੱਦਾ ਮੂੰਗੀ ਅਤੇ ਮੱਕੀ ਦਾ ਮੰਡੀਆਂ ‘ਚ ਰੁਲਣਾ ਸੀ ਜਿਸ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਹਾੜੀ ਦੀ ਫਸਲਾਂ ਜੋ ਬਰਬਾਦ ਹੋਈਆਂ ਹਨ ਉਸ ਦੀ ਵੀ ਜਾਂਚ-ਪੜਤਾਲ ਕਰਕੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੰਗ ਮੁਤਾਬਕ ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਮਾਨ ਨਾਲ ਕੱਲ੍ਹ ਸਵੇਰ ਤੱਕ ਮੀਟਿੰਗ ਤੈਅ ਕਰਵਾਉਣ ਦਾ ਵਾਅਦਾ ਕੀਤਾ ਹੈ। ਉਹਨਾਂ ਕਿਹਾ ਕਿ ਕੱਲ੍ਹ ਸਵੇਰ ਤੱਕ ਉਡੀਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਫੈਸਲਾ ਨਹੀਂ ਨਿਕਲਦਾ ਤਾਂ ਫਿਰ ਅੰਦੋਲਨ ਦਾ ਆਗਾਜ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੂਬੇ ਦੀਆਂ ਮੰਡੀਆਂ ਵਿੱਚ ਮੱਕੀ ਤੇ ਮੂੰਗੀ ਦੀ ਫ਼ਸਲ ਲੈ ਕੇ ਪੁੱਜ ਰਹੇ ਕਿਸਾਨਾਂ ਨੂੰ ਵਾਜਿਬ ਭਾਅ ਨਹੀਂ ਮਿਲ ਰਿਹਾ ਜਿਸ ਕਰਕੇ ਉਹ ਐੱਮਐੱਸਪੀ ਤੋਂ ਘੱਟ ਭਾਅ ਉਪਰ ਫਸਲ ਵੇਚਣ ਲਈ ਬੇਵੱਸ ਹਨ। ਕਾਸ਼ਤਕਾਰਾਂ ਦਾ ਕਹਿਣਾ ਹੈ ਕਿ ਇਕ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਫਸਲੀ ਚੱਕਰ ’ਚੋਂ ਬਾਹਰ ਨਿਕਲਣ ਦੀ ਅਪੀਲ ਕਰ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਜੋ ਫ਼ਸਲੀ ਚੱਕਰ ਨੂੰ ਛੱਡ ਕੇ ਮੱਕੀ ਦੀ ਫਸਲ ਬੀਜ ਰਹੇ ਹਨ। ਇਸ ਕਾਰਨ ਕਿਸਾਨਾਂ ਨੂੰ ਵੱਡਾ ਮਾਲੀ ਨੁਕਸਾਨ ਹੋ ਰਿਹਾ ਹੈ।