PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਜਾਰੀ ਕਰਦਿਆਂ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸਿਧਾਰਥ ਚਟੋਪਾਧਿਆਏ ਅਤੇ ਦੋ ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨੋ ਉੱਚ ਪੁਲਿਸ ਅਫਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਨੂੰ ਮਨਜ਼ੂਰ ਕਰਦਿਆਂ ਗ੍ਰਹਿ ਵਿਭਾਗ ਨੂੰ ਵੱਡੇ ਜੁਰਮਾਨੇ ਲਈ ਪੱਤਰ ਲਿਖਿਆ ਹੈ। ਸਾਬਕਾ ਪੁਲਿਸ ਡਾਇਰੈਕਟਰ ਜਨਰਲ ਚਟੋਪਾਧਿਆਏ ਜੋ ਸੇਵਾਮੁਕਤ ਹੋ ਚੁੱਕੇ ਹਨ ਤੋਂ ਇਲਾਵਾ ਸਾਬਕਾ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਫ਼ਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਅਤੇ ਸਾਬਕਾ ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਹਰਮਨਦੀਪ ਸਿੰਘ ਹੰਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਕਿ ਹੁਣ ਇਨ੍ਹਾਂ ਅਧਿਕਾਰੀਆਂ ਨੂੰ ਆਪਣੇ ਜਵਾਬ ਦਾਖਲ ਕਰਨ ਲਈ ਕਿਹਾ ਜਾਵੇਗਾ।
ਗ੍ਰਹਿ ਵਿਭਾਗ ਵੱਲੋਂ ਪ੍ਰਸੋਨਲ ਵਿਭਾਗ ਨੂੰ ਸੋਮਵਾਰ ਨੂੰ ਜਾਰੀ ਪੱਤਰ ਅਨੁਸਾਰ ਮਾਨ ਨੇ ਇਹ ਵੀ ਫੈਸਲਾ ਕੀਤਾ ਕਿ ਸਾਬਕਾ ਏਡੀਜੀਪੀ (ਕਾਨੂੰਨ ਅਤੇ ਵਿਵਸਥਾ) ਨਰੇਸ਼ ਅਰੋੜਾ, ਸਾਬਕਾ ਏਡੀਜੀਪੀ ਸਾਈਬਰ ਕ੍ਰਾਈਮ ਜੀ ਨਾਗੇਸ਼ਵਰ ਰਾਓ ਅਤੇ ਮੁਖਵਿੰਦਰ ਸਿੰਘ ਚੀਨਾ (ਸਾਬਕਾ ਆਈਜੀਪੀ ਪਟਿਆਲਾ) ਅਤੇ ਹੋਰ ਅਧਿਕਾਰੀਆਂ ਤੋਂ ਵੀ ਸਪੱਸ਼ਟੀਕਰਨ ਮੰਗਿਆ ਜਾਣਾ ਚਾਹੀਦਾ ਹੈ। ਉਨ੍ਹਾਂ ਤੋਂ ਪੁੱਛਿਆ ਜਾਵੇਗਾ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਅਨੁਸਾਰ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।
5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਫਿਰੋਜ਼ਪੁਰ ਵਿੱਚ ਇੱਕ ਫਲਾਈਓਵਰ ‘ਤੇ ਫਸ ਗਿਆ ਸੀ ਕਿਉਂਕਿ ਪ੍ਰਦਰਸ਼ਨਕਾਰੀਆਂ ਦੁਆਰਾ ਸੜਕ ਨੂੰ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਰੈਲੀ ਸਮੇਤ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਿਨਾਂ ਹੀ ਪੰਜਾਬ ਤੋਂ ਪਰਤ ਗਏ। ਸੁਪਰੀਮ ਕੋਰਟ ਨੇ ਪਿਛਲੇ ਸਾਲ 12 ਜਨਵਰੀ ਨੂੰ ਉਲੰਘਣਾ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਸੀ। ਹੋਰ ਤਾਂ ਹੋਰ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਆਈਆਂ ਕਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੁਆਰਾ ਨਿਯੁਕਤ ਕਮੇਟੀ ਨੇ ਕਈ ਰਾਜ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ।