ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਨੇ 645 ਲੈਕਚਰਾਰਾਂ ਦੀ ਭਰਤੀ ਕਰਨ ਦੇ ਫੈਸਲੇ ਉੱਪਰ ਮੋਹਰ ਲਾਈ ਹੈ। ਇਸ ਤੋਂ ਇਲਾਵਾ ਗੰਨੇ ਦਾ ਮੁੱਲ 380 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਗੰਨਾ ਮਿੱਲਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯੁਕਤੀ ਹੋਵੇਗੀ।
ਅੰਦੋਲਨਕਾਰੀ ਕਿਸਾਨਾਂ ‘ਤੇ ਸੀਐਮ ਭਗਵੰਤ ਮਾਨ ਦਾ ਤਿੱਖਾ ਹਮਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ ‘ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਸੜਕਾਂ ‘ਤੇ ਧਰਨੇ ਲਾਉਣ ਦੀ ਬਜਾਏ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਧਰਨੇ ਲਗਾਏ ਜਾਣ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਕੰਮਾਂ ਦਾ ਬਿਊਰਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੁਸ਼ਕਲਾਂ ਸਮਝਦੀ ਹੈ ਤੇ ਲਗਾਤਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਿੱਥੇ ਅਹਿਮ ਫ਼ੈਸਲੇ ਦੱਸੇ, ਉੱਥੇ ਹੀ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ।