ਪੰਜਾਬ ਸੀ.ਐਮ. ਭਗਵੰਤ ਮਾਨ ਅੱਜ ਜਲੰਧਰ ਪੁੱਜ ਰਹੇ ਹਨ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਵੱਲੋਂ ਇਹ ਡਿਜੀਟਲ ਪ੍ਰੈੱਸ ਕਾਨਫਰੰਸ ਅੱਜ ਕਰੀਬ ਸਵੇਰੇ 11.30 ਵਜੇ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਇਕ ਅਹਿਮ ਮੁੱਦੇ ‘ਤੇ ਵਿਚਾਰ-ਚਰਚਾ ਕਰਨਗੇ।
ਇਸ ਤੋਂ ਬਾਅਦ ਉਹ ਜਲੰਧਰ ਲਈ ਰਵਾਨਾ ਹੋਣਗੇ ਜਿਥੇ ਅੱਜ ਦੁਪਹਿਰ ਉਹ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਕਰੀਬ 1.50 ਵਜੇ ਸਿਟੀ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸਟੇਸ਼ਨ ਦੇ ਬਾਹਰ ਬਣੇ ਪੰਡਾਲ ‘ਚ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲੈਣਗੇ।
ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਬੁੱਧਵਾਰ ਸਵੇਰੇ ਸਿਟੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਟੇਸ਼ਨ ਸੁਪਰੀਡੈਂਟ ਹਰੀਦੱਤ ਸ਼ਰਮਾ ਅਤੇ ਹੋਰ ਅਧਿਕਾਰੀਆਂ ਨਾਲ ਸਟੇਸ਼ਨ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਕਿਹਾ ਕਿ ਇਸ ਆਯੋਜਨ ਨੂੰ ਵਿਸ਼ਾਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਚਿਤ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੂਰੇ ਆਯੋਜਨ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਵਾਹਨਾਂ ਦੀ ਪਾਰਕਿੰਗ, ਯਾਤਰੀਆਂ ਲਈ ਸੁਵਿਧਾਵਾਂ, ਮੰਚ, ਪਾਣੀ ਦੀ ਸਪਲਾਈ, ਸਾਫ-ਸਫਾਈ, ਮੈਡੀਕਲ ਟੀਮ, ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਵੀ ਸਮੀਖਿਆ ਕੀਤੀ। ਇਸ ਮੌਕੇ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੇ ਅਧਿਕਾਰੀ ਵੀ ਮੌਜੂਦ ਸਨ।