December 8, 2023
Punjab

SGPC ਦਾ ਸਲਾਨਾ ਬਜਟ 2023-24, ਪਿਛਲੇ ਸਾਲ ਦੇ ਮੁਕਾਬਲੇ 17% ਵਾਧਾ ਕੀਤਾ ਦਰਜ

SGPC ਨੇ ਸਾਲ 2023-24 ਦਾ ਸਲਾਨਾ ਬਜਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ‘ਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ। ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਬਜਟ ਪੇਸ਼ ਕੀਤਾ ਗਿਆ। ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਸ ਸਾਲ ਦਾ ਬਜਟ ਹਰਿਆਣਾ ਦੇ ਗੁਰਦੁਆਰਿਆਂ ਤੋਂ ਵੱਖ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਇਸ ਸਾਲ ਦਾ ਬਜਟ 106.5 ਕਰੋੜ ਰੁਪਏ ਪਹਿਲਾਂ ਹੀ ਪਾਸ ਕਰ ਲਿਆ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਤੇ ਪੇਸ਼ ਕਰਨ ਤੋਂ ਪਹਿਲਾਂ ਸਮੁੱਚੇ ਹਾਊਸ ਵੱਲੋਂ ਮੂਲਮੰਤਰ ਦੇ 5 ਜਾਪ ਕੀਤੇ ਗਏ। ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ। ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ ‘ਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਭਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪਾਸ ਕੀਤੇ ਗਏ ਬਜਟ ‘ਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ ‘ਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਬਜਟ ਵਿੱਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ ‘ਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ, ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ।

ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ ‘ਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X