ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਮੰਗੇ ਗਏ ਹਨ। ਇਸ ਨੂੰ ਲੈਕੇ SGPC ਨੇ ਇਕ ਈਮੇਲ sgpcbudgetsuggestions@gmail.com ਜਾਰੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਨੂੰ ਅਹਿਮ ਰੱਖਿਆ ਜਾਵੇਗਾ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ।
ਦਸ ਦਈਏ ਕਿ ਮਾਰਚ ਮਹੀਨੇ ਵਿਚ SGPC ਦਾ ਬਜਟ ਇਜਲਾਸ ਸੱਦਿਆ ਜਾਣਾ ਹੈ। ਜਿਸ ਦੇ ਸਬੰਧ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸਰਵਨ ਸਿੰਘ ਕੁਲਾਰ ਤੇ ਕੁਲਵੰਤ ਸਿੰਘ ਮੰਨਣ ਸ਼ਾਮਲ ਹਨ।
ਭਾਈ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜ਼ੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਜਾਰੀ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਉਭਾਰਿਆ ਜਾ ਰਿਹਾ ਹੈ।