ਕਈ ਸਾਲਾਂ ਤੋਂ ਚੱਲਿਆ ਆ ਰਿਹਾ ਸਤਲੁਜ-ਯੁਮਨਾ ਲਿੰਕ (SYL) ਦਾ ਮੁੱਦਾ ਮੁੜ ਗੁਰਮਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਬੈਠਕ ਜਨਵਰੀ ‘ਚ ਬੁਲਾ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ 4 ਜਨਵਰੀ ਨੂੰ ਸੱਦੀ ਗਈ ਹੈ। ਇਸ ਤੋਂ ਪਹਿਲਾਂ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਮਿਲ ਚੁੱਕੇ ਹਨ ਪਰ ਦੋਵੇਂ ਹੀ ਕਿਸੇ ਨਤੀਜੇ ‘ਤੇ ਨਹੀਂ ਪਹੁੰਚੇ।
ਹੁਣ ਇਹ ਕੋਸ਼ਿਸ਼ ਕੇਂਦਰੀ ਮੰਤਰੀ ਵੱਲੋਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਹਰਿਆਣਾ ਰਿਹਾਇਸ਼ ‘ਤੇ ਮਿਲੇ ਸਨ। ਇੱਥੇ ਪੰਜਾਬ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਸੀ ਕਿ ਸੂਬੇ ਕੋਲ ਕਿਸੇ ਵੀ ਦੂਜੇ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਐੱਸ. ਵਾਈ. ਐੱਲ. ਦਾ ਮੁੱਦਾ ਤਾਂ ਹੀ ਸਾਹਮਣੇ ਆਵੇਗਾ, ਜੇਕਰ ਪੰਜਾਬ ਕੋਲ ਦੇਣ ਲਈ ਪਾਣੀ ਹੋਵੇਗਾ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਇਸ ਮੁੱਦੇ ‘ਤੇ ਦਖ਼ਲ-ਅੰਦਾਜ਼ੀ ਕਰਨਾ ਚਾਹੁੰਦੀ ਹੈ ਤਾਂ ਉਹ ਕਰ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੇਂਦਰੀ ਮੰਤਰੀ ਨਾਲ ਬੈਠਕ ਦੌਰਾਨ ਇਸ ਮੁੱਦੇ ਦਾ ਕੀ ਹੱਲ ਨਿਕਲ ਸਕਦਾ ਹੈ।